ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਕੀਤੀ ਉੱਚ ਪੱਧਰੀ ਮੀਟਿੰਗ

ਪਟਿਆਲਾ, 21 ਦਸੰਬਰ 2023:-

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਜਾਣਾ ਹੈ ਅਤੇ ਇਸ ਮਹੱਤਵਪੂਰਨ ਦਿਹਾੜੇ ’ਤੇ ਜਿੱਥੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ, ਉੱਥੇ ਵਿਲੱਖਣ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ’ਤੇ ਸਭਿਆਚਾਰਕ ਪ੍ਰੋਗਰਾਮ ਅਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਦੇਸ਼ ਭਗਤੀ ਨਾਲ ਲਬਰੇਜ਼ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸਭਿਆਚਾਰ ਪ੍ਰੋਗਰਾਮ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਸਥਾਨਕ ਪੋਲੋ ਗਰਾਊਂਡ (ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡ, ਆਈ.ਟੀ.ਬੀ.ਪੀ., ਸੇਟ ਜੋਨ ਐਂਬੂਲੈਂਸ, ਸਕਾਊਟ ਗਰਲਜ਼ ਗਾਈਡ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਏਅਰ ਵਿੰਗ ਸਮੇਤ ਵੱਖ ਵੱਖ ਟੁਕੜੀਆਂ ਵੱਲੋਂ ਪਰੇਡ ਕੀਤੀ ਜਾਵੇਗੀ।  
ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਸ ਅਹਿਮ ਸਮਾਗਮ ਦੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ’ਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ’ਚ ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ, ਆਰ.ਟੀ.ਏ. ਨਮਨ ਮਾਰਕਨ, ਏ.ਸੀ.ਏ ਪੀ.ਡੀ.ਏ. ਦਿਵਜੋਤ ਕੌਰ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।